ਨਵੀਂ ਦਿੱਲੀ, 7 ਜੂਨ 2023 – ਕਿਸਾਨਾਂ ਨੂੰ ਰਾਹਤ ਦਿੰਦਿਆਂ ਕੇਂਦਰ ਸਰਕਾਰ ਵੱਲੋਂ ਕਈ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਵਧਾ ਦਿੱਤਾ ਗਿਆ ਹੈ। ਇਹ ਵਿੱਤੀ ਸਾਲ 2023-24 ਦੀਆਂ ਸਾਉਣੀ ਦੀਆਂ ਫਸਲਾਂ ਲਈ ਕੀਤਾ ਗਿਆ ਹੈ। ਮੰਤਰੀ ਮੰਡਲ ਦੀ ਬੈਠਕ ‘ਚ ਮੋਦੀ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਅਰਹਰ ਦੀ ਦਾਲ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 400 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ, ਜਦਕਿ ਝੋਨਾ, ਮੱਕੀ ਤੇ ਮੂੰਗਫਲੀ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਵੀ ਵਾਧਾ ਕੀਤਾ ਗਿਆ ਹੈ। ਇਸ ਨਾਲ ਦੇਸ਼ ਦੇ ਕਿਸਾਨਾਂ ਨੂੰ ਵੱਡੇ ਪੱਧਰ ‘ਤੇ ਫਾਇਦਾ ਹੋਵੇਗਾ ਅਤੇ ਉਹ ਨਵੀਂ ਫਸਲ ਦਾ ਚੰਗਾ ਭਾਅ ਹਾਸਲ ਕਰ ਸਕਣਗੇ।
ਮਾਂਹ ਦੀ ਦਾਲ ਦਾ ਘੱਟੋ-ਘੱਟ ਸਮਰਥਨ ਮੁੱਲ 350 ਰੁਪਏ ਪ੍ਰਤੀ ਕੁਇੰਟਲ ਵਧਾ ਕੇ 6,950 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮੱਕੀ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 128 ਰੁਪਏ ਪ੍ਰਤੀ ਕੁਇੰਟਲ ਅਤੇ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 143 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ।