ਨਵੀਂ ਦਿੱਲੀ, 29 ਮਾਰਚ : ਲੋਕ ਸਭਾ ਸਕੱਤਰੇਤ ਨੇ ਅੱਜ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਨੇਤਾ ਮੁਹੰਮਦ ਫੈਜ਼ਲ ਪੀਪੀ ਦੀ ਮੈਂਬਰਸ਼ਿਪ ਬਹਾਲ ਕਰ ਦਿੱਤੀ ਹੈ। ਫੈਜ਼ਲ ਨੂੰ ਅਪਰਾਧਿਕ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਅਤੇ 10 ਸਾਲ ਦੀ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਜਨਵਰੀ ਵਿੱਚ ਹੇਠਲੇ ਸਦਨ ਦੀ ਮੈਂਬਰਸ਼ਿਪ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ। ਲਕਸ਼ਦੀਪ ਲੋਕ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਫੈਜ਼ਲ ਨੇ ਸੈਸ਼ਨ ਕੋਰਟ ਦੇ ਹੁਕਮਾਂ ਵਿਰੁੱਧ ਕੇਰਲ ਹਾਈ ਕੋਰਟ ਦਾ ਰੁਖ ਕੀਤਾ ਸੀ ਅਤੇ ਉਨ੍ਹਾਂ ਦੇ ਦੋਸ਼ੀ ਠਹਿਰਾਏ ਜਾਣ ਅਤੇ ਸਜ਼ਾ ਦੇ ਫੈਸਲੇ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਲੋਕ ਸਭਾ ਸਕੱਤਰੇਤ ਦੇ ਨੋਟੀਫਿਕੇਸ਼ਨ ਅਨੁਸਾਰ ਕੇਰਲ ਹਾਈ ਕੋਰਟ ਦੇ 25 ਜਨਵਰੀ 2023 ਦੇ ਹੁਕਮਾਂ ਦੇ ਮੱਦੇਨਜ਼ਰ ਮੁਹੰਮਦ ਫੈਜ਼ਲ ਦੀ ਮੈਂਬਰਸ਼ਿਪ ਤੋਂ ਅਯੋਗਤਾ ਦੇ ਫੈਸਲੇ ਨੂੰ ਖਤਮ ਕਰ ਦਿੱਤਾ ਗਿਆ ਹੈ। ਫੈਜ਼ਲ ਦੀ ਮੈਂਬਰਸ਼ਿਪ ਬਹਾਲ ਕਰਨ ਦਾ ਫੈਸਲਾ ਇਸ ਮਾਮਲੇ ‘ਚ ਸੁਪਰੀਮ ਕੋਰਟ ‘ਚ ਸੁਣਵਾਈ ਤੋਂ ਪਹਿਲਾਂ ਆਇਆ ਹੈ।