ਮਾਨਸਾ , 3 ਅਪ੍ਰੈਲ, 2023- ਕੇਂਦਰੀ ਜੇਲ੍ਹ ਪਟਿਆਲਾ ’ਚੋਂ ਰਿਹਾਅ ਹੋ ਕੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਹੁਣ ਅੱਜ ਮਰਹੂਮ ਸਿੱਧੂ ਮੂਸੇਵਾਲਾ ਦੇ ਘਰ ਪਹੁੰਚਣਗੇ ਅਤੇ ਸਿੱਧੂ ਦੇ ਮਾਤਾ, ਪਿਤਾ ਨਾਲ ਦੁੱਖ ਸਾਂਝਾ ਕਰਨਗੇ। ਇਸ ਮੌਕੇ ਉਨ੍ਹਾਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਅਮਨ ਸ਼ਾਂਤੀ ਦੇ ਮੁੱਦੇ ’ਤੇ ਵੀ ਆਪਣੇ ਵਿਚਾਰ ਰੱਖੇ ਜਾਣਗੇ। ਇਹ ਜਾਣਕਾਰੀ ਖ਼ੁਦ ਨਵਜੋਤ ਸਿੰਘ ਸਿੱਧੂ ਨੇ ਆਪਣੇ ਟਵਿੱਟਰ ਅਕਾਊਂਟ ’ਤੇ ਦਿੱਤੀ। ਸਿੱਧੂ ਦੀ ਗਾਇਕ ਦੇ ਘਰ ਪਹਿਲੀ ਫੇਰੀ ਹੋਵੇਗੀ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਨਵਜੋਤ ਸਿੱਧੂ ਸਮਰਥਕ ਵਿਧਾਇਕਾਂ ਦਾ ਇਕ ਵਫ਼ਦ ਵੀ ਸਿੱਧੂ ਮੂਸੇਵਾਲਾ ਦੇ ਘਰ ਉਸ ਦੇ ਮਾਪਿਆਂ ਕੋਲ ਨਵਜੋਤ ਸਿੱਧੂ ਦਾ ਸੁਨੇਹਾ ਲੈ ਕੇ ਗਏ ਸਨ। ਉਨ੍ਹਾਂ ਕਿਹਾ ਸੀ ਕਿ ਸਿੱਧੂ ਜੇਲ੍ਹ ਤੋਂ ਬਾਹਰ ਆਉਣ ’ਤੇ ਉਨ੍ਹਾਂ ਨੂੰ ਮਿਲਣ ਆਉਣਗੇ। ਇੱਥੇ ਇਹ ਵੀ ਦੱਸਣਯੋਗ ਹੈ ਕਿ ਮਰਹੂਮ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਲਗਾਤਾਰ ਆਪਣੇ ਪੁੱਤ ਦੇ ਕਾਤਲਾਂ ਅਤੇ ਉਸ ਦੇ ਕਤਲ ਦੀਆਂ ਸਾਜ਼ਿਸ਼ਾਂ ਰਚਣ ਵਾਲਿਆਂ ਨੂੰ ਫੜਾਉਣ ਦੀ ਮੰਗ ਨੂੰ ਲੈ ਕੇ ਆਵਾਜ਼ ਚੁੱਕ ਰਹੇ ਹਨ ਅਤੇ ਇਨਸਾਫ਼ ਨਾ ਮਿਲਣ ’ਤੇ ਨਾਰਾਜ਼ਗੀ ਵੀ ਜ਼ਾਹਿਰ ਕਰ ਰਹੇ ਹਨ।
ਅੱਜ ਵੀ ਮਰਹੂਮ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦਿਆਂ ਸਿੱਧੂ ਦੇ ਮਾਤਾ-ਪਿਤਾ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਘੇਰਿਆ ਤੇ ਇਸ ਮਾਮਲੇ ’ਚ ਕੋਈ ਸੰਤੁਸ਼ਟੀਜਨਕ ਕਾਰਵਾਈ ਨਾ ਹੋਣ ਦੀ ਗੱਲ ਕਰਦਿਆਂ ਉਨ੍ਹਾਂ ਜਲੰਧਰ ਦੀ ਜ਼ਿਮਨੀ ਚੋਣ ’ਚ ਆਪਣੇ ਪੁੱਤਰ ਦੀ ਫੋਟੋ ਲੈ ਕੇ ਲੋਕਾਂ ਨੂੰ ਸਰਕਾਰ ਵੱਲੋਂ ਸਿੱਧੂ ਦੇ ਕਤਲ ਮਾਮਲੇ ’ਚ ਇਨਸਾਫ਼ ਨਾ ਦਿੱਤੇ ਜਾਣ ਦੀ ਗੱਲ ਆਖਦੇ ਹੋਏ ਜਾਗਰੂਕ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਆਪਣੇ ਪੁੱਤ ਦੇ ਇਨਸਾਫ਼ ਦੀ ਉਹ ਲੜਾਈ ਲੜਨਗੇ। ਹੁਣ ਸਿੱਧੂ ਦੇ ਬਾਹਰ ਆਉਣ ਕਾਰਨ ਇਸ ਮੁੱਦੇ ’ਤੇ ਉਹ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰਨਗੇ। ਉਧਰ ਨਵਜੋਤ ਸਿੰਘ ਸਿੱਧੂ ਦੇ ਸਮਰਥਕ ਮੰਨੇ ਜਾਂਦੇ ਕਾਂਗਰਸੀ ਆਗੂ ਹਰਵਿੰਦਰ ਸਿੰਘ ਲਾਡੀ, ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ ਤੇ ਨਾਜਰ ਸਿੰਘ ਮਾਨਸ਼ਾਹੀਆ ਵੀ ਹਾਜ਼ਰ ਹੋਣਗੇ।