Thursday, November 7, 2024
Google search engine
HomePunjabਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦੇ ਦੂਜੇ ਦਿਨ ਵੱਡੀ ਗਿਣਤੀ...

ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦੇ ਦੂਜੇ ਦਿਨ ਵੱਡੀ ਗਿਣਤੀ ’ਚ ਸੰਗਤਾਂ ਨੇ ਭਰੀ ਹਾਜ਼ਰੀ

ਫਤਹਿਗੜ੍ਹ ਸਾਹਿਬ – ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹੀਦੀ ਸਭਾ ਦੇ ਦੂਸਰੇ ਦਿਨ ਦੇਸ਼-ਵਿਦੇਸ਼ ਤੋਂ ਅੱਜ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ Gurudwara Sri Fatehgarh Sahib ਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋ ਕੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।

ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਦਰਬਾਰ ਵਿਖੇ ਅੰਮ੍ਰਿਤ ਵੇਲੇ ਆਸਾ ਦੀ ਵਾਰ ਦੇ ਕੀਰਤਨ ਉਪਰੰਤ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਸਾਹਿਬਜ਼ਾਦਿਆਂ ਦੇ ਇਤਿਹਾਸ ਦੀ ਲੜੀਵਾਰ ਕਥਾ ਕੀਤੀ। ਇਸੇ ਦੌਰਾਨ ਸਾਰਾ ਦਿਨ ਗੁਰਬਾਣੀ ਕੀਰਤਨ ਦਾ ਪ੍ਰਵਾਹ ਚੱਲਦਾ ਰਿਹਾ। ਇਸ ਤੋਂ ਇਲਾਵਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਟੋਡਰ ਮੱਲ ਦੀਵਾਨ ਹਾਲ ਅਤੇ ਗੁਰਦੁਆਰਾ ਸਾਹਿਬ ਦੇ ਬਿਲਕੁਲ੍ਹ ਸਾਹਮਣੇ ਬਾਹਰਵਾਰ ਖੁੱਲ੍ਹੇ ਪੰਡਾਲ ਵਿਚ ਧਾਰਮਿਕ ਦੀਵਾਨ ਵੀ ਸਜਾਏ ਗਏ, ਜਿਨ੍ਹਾਂ ਵਿਚ ਪੰਥ ਪ੍ਰਸਿੱਧ ਕਥਾਵਾਚਕ, ਢਾਡੀ ਅਤੇ ਕਵੀਸ਼ਰੀ ਜੱਥਿਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦਾ ਜੀਵਨ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ।

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਲਈ ਵਿਸ਼ਾਲ ਪੱਧਰ ’ਤੇ ਲੰਗਰ, ਮੈਡੀਕਲ ਸਹੂਲਤ, ਰਿਹਾਇਸ਼, ਧਾਰਮਿਕ ਸਾਹਿਤ ਪ੍ਰਦਰਸ਼ਨੀਆਂ ਆਦਿ ਦੇ ਪ੍ਰਬੰਧ ਕੀਤੇ ਗਏ। ਇਸ ਦੇ ਨਾਲ ਹੀ ਸੰਗਤਾਂ ਤੇ ਸੇਵਾ ਸੁਸਾਇਟੀਆਂ ਵੱਲੋਂ ਵੀ ਵੱਡੀ ਪੱਧਰ ’ਤੇ ਸੰਗਤ ਦੀ ਸੇਵਾ ਲਈ ਵੱਖ ਵੱਖ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਸਨ। ਸ਼ਹੀਦੀ ਸਭਾ ਦੌਰਾਨ ਦਸਮ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਵੱਖ ਵੱਖ ਧਾਰਮਿਕ, ਰਾਜਸੀ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹਾਜ਼ਰੀ ਭਰੀ।

ਇਸੇ ਦੌਰਾਨ 28 ਦਸੰਬਰ ਨੂੰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਵੇਰ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਜਿਸ ਮਗਰੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸਵੇਰੇ 9:00 ਵਜੇ ਨਗਰ ਕੀਰਤਨ ਆਰੰਭ ਹੋਵੇਗਾ, ਜਿਸ ਦੀ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਕੀਰਤਨ ਸੋਹਲੇ ਦੇ ਪਾਠ ਨਾਲ ਸਮਾਪਤੀ ਹੋਵੇਗੀ। 28 ਦਸੰਬਰ ਨੂੰ ਦੁਪਹਿਰ 12:00 ਵਜੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਤੌਰ ’ਤੇ ਅੰਮ੍ਰਿਤ ਸੰਚਾਰ ਸਮਾਗਮ ਵੀ ਹੋਵੇਗਾ।

Latest Punjabi News Breaking News

RELATED ARTICLES
- Advertisment -
Google search engine

Most Popular

Recent Comments