ਚੰਡੀਗੜ੍, 29 ਮਾਰਚ 2023- ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੰਵਰਪਾਲ ਸਿੰਘ ਖ਼ਿਲਾਫ਼ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਚੋਣ ਜਿੱਤ ਕੇ ਕੈਬਨਿਟ ਮੰਤਰੀ ਬਣੇ ਹਰਜੋਤ ਸਿੰਘ ਬੈਂਸ ਦੇ ਪਿਤਾ ਸੋਹਣ ਸਿੰਘ ਬੈਂਸ ਵੱਲੋਂ ਚੋਣਾਂ ਤੋਂ ਪਹਿਲਾਂ ਦਾਇਰ ਕੀਤੇ ਗਏ ਇਕ ਮਾਣਹਾਨੀ ਮਾਮਲੇ ‘ਚ ਰਾਣਾ ਕੰਵਰਪਾਲ ਸਿੰਘ ਨੂੰ ਸੰਮਨ ਜਾਰੀ ਕੀਤੇ ਗਏ ਹਨ। ਬੈਂਸ ਦੇ ਵਕੀਲ ਐਡਵੋਕੇਟ ਨੀਰਜ ਸ਼ਰਮਾ ਨੇ ਦੱਸਿਆ ਕਿ ਰਾਣਾ ਕੰਵਰਪਾਲ ਸਿੰਘ ਵੱਲੋਂ ਪਹਿਲੀ ਫਰਵਰੀ 2022 ਨੂੰ ਦਸਗਰਾਈਂ ਵਿਖੇ ਇਕ ਮੀਟਿੰਗ ਦੌਰਾਨ ਸੋਹਣ ਸਿੰਘ ਬੈਂਸ ਤੇ ਉਨ੍ਹਾਂ ਦੇ ਵਕੀਲ ਪੁੱਤਰ ਹਰਜੋਤ ਸਿੰਘ ਬੈਂਸ ਖ਼ਿਲਾਫ਼ ਅਪਮਾਨਜਨਕ ਸ਼ਬਦਾਵਲੀ ਵਰਤਣ ਕੇ ਅਕਸ ਖ਼ਰਾਬ ਕਰਨ ਦਾ ਯਤਨ ਕੀਤਾ ਸੀ। ਜਗਮਿਲਾਪ ਸਿੰਘ ਖੁਸ਼ਦਿਲ ਸਬ-ਜੁਡੀਸ਼ੀਅਲ ਮੈਜਿਸਟਰੇਟ ਆਨੰਦਪੁਰ ਸਾਹਿਬ ਦੀ ਅਦਾਲਤ ਵੱਲੋਂ ਰਾਣਾ ਕੰਵਰਪਾਲ ਸਿੰਘ ਨੂੰ ਲੱਗੇ ਦੋਸ਼ਾਂ ਦਾ ਜਵਾਬ ਦੇਣ ਲਈ 2 ਮਈ ਲਈ ਸੰਮਨ ਜਾਰੀ ਕੀਤੇ ਗਏ ਹਨ।