ਲਾਲੜੂ – ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਲੰਬੇ ਸਮੇਂ ਤੋਂ ਲੋਕਾਂ ਵੱਲੋਂ ਕੀਤੀ ਜਾ ਰਹੀ ਮੰਗ ਨੂੰ ਦੇਖਦੇ ਹੋਏ ਪਿੰਡ ਦੱਪਰ ਤੋਂ ਪਿੰਡ ਘੋਲੂਮਾਜਰਾ ਵੱਲ ਨੂੰ ਜਾਂਦੀ ਹੋਈ ਸੜਕ ‘ਤੇ ਇੰਟਰਲੋਕਿੰਗ ਪੇਵਰ ਲਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਰੰਧਾਵਾ ਨੇ ਕਿਹਾ ਪਿਛਲੇ 75 ਸਾਲਾਂ ਤੋਂ ਲੋਕ ਇਸ ਸੜਕ ਦੀ ਉਸਾਰੀ ਦੀ ਉਮੀਦ ਕਰ ਰਹੇ ਸਨ, ਪਰ ਕਿਸੇ ਨੇ ਵੀ ਉਨ੍ਹਾਂ ਦੀ ਝੋਲੀ ਖੈਰ ਨਹੀਂ ਪਾਈ।
ਜ਼ਿਕਰਯੋਗ ਹੈ ਕਿ ਇਸ ਸੜਕ ਨਾਲ ਨਾ ਸਿਰਫ਼ ਦੱਪਰ ਤੇ ਘੋਲੂਮਾਜਰਾ ਵਾਸੀਆਂ ਨੂੰ ਲਾਭ ਹੋਵੇਗਾ, ਸਗੋਂ ਹਲਕਾ ਵਾਸੀਆਂ ਦੀ ਟੋਲ ਫੀਸ ਬਚਣ ਦੀ ਸੰਭਾਵਨਾ ਵੀ ਬਣ ਗਈ ਹੈ। ਇਸ ਸਬੰਧੀ ਪੋ੍ਗਰਾਮ ਦੌਰਾਨ ਰੰਧਾਵਾ ਨੇ ਦੱਸਿਆ ਕਿ ਕਰੀਬ 1 ਕਿਲੋਮੀਟਰ ਲੰਬੀ ਇਸ ਸੜਕ ਦੇ ਨਿਰਮਾਣ ‘ਤੇ 49 ਲੱਖ 60 ਹਜ਼ਾਰ ਰੁਪਏ ਦੀ ਲਾਗਤ ਆਵੇਗੀ। ਰੰਧਾਵਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਿਕਾਸ ਦਾ ਕੋਈ ਕੰਮ ਨਹੀਂ ਕੀਤਾ ਸੀ ਅਤੇ ਕਾਫ਼ੀ ਪਿੰਡਾਂ ਅਤੇ ਮੁਹੱਲਿਆਂ ਦੀਆਂ ਸੜਕਾਂ ਕੱਚੀਆਂ ਸਨ, ਇਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਦਾਇਤਾਂ ਹਨ ਕਿ ਵਿਕਾਸ ਦੇ ਕੰਮ ਜੰਗੀ ਪੱਧਰ ‘ਤੇ ਕਰਵਾਏ ਜਾਣ ਅਤੇ ਇਸੇ ਤਰਜ ਉਤੇ ਕਿਸੇ ਵੀ ਪਿੰਡ/ਮੁਹੱਲੇ ਦੀ ਕੋਈ ਵੀ ਸੜਕ ਕੱਚੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਦੌਰਾਨ ਵਿਧਾਇਕ ਰੰਧਾਵਾ ਨੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਵਾਉਣ ਦਾ ਵੀ ਭਰੋਸਾ ਦਿੱਤਾ।
ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਸਤੀਸ਼ ਰਾਣਾ, ਕਾਰਜਸਾਧਕ ਅਫ਼ਸਰ ਗੁਰਬਖਸ਼ੀਸ਼ ਸਿੰਘ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਜਾਸਤਨਾ, ਕੌਸਲਰ ਤੇ ਆਮ ਆਦਮੀ ਪਾਰਟੀ ਦੀ ਟੀਮ ਹਾਜ਼ਰ ਸੀ।