Monday, December 23, 2024
Google search engine
HomePunjabਸਿਹਤ ਮੰਤਰੀ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ ਦਾ ਕੀਤਾ ਦੌਰਾ

ਸਿਹਤ ਮੰਤਰੀ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ ਦਾ ਕੀਤਾ ਦੌਰਾ

ਪਟਿਆਲਾ – ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਤਵਾਰ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਤੇ ਸਰਕਾਰੀ ਮੈਡੀਕਲ ਕਾਲਜ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕੋਵਿਡ ਵਾਰਡ ਦਾ ਜਾਇਜ਼ਾ ਲੈਦਿਆਂ ਕਿਹਾ ਕਿ ਭਾਵੇਂ ਸੂਬੇ ਅੰਦਰ ਕੋਵਿਡ ਦੇ ਨਵੇਂ ਵੇਰੀਐਂਟ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ ਪਰ ਸਿਹਤ ਵਿਭਾਗ ਵੱਲੋਂ ਅਹਿਤਿਆਤ ਵਜੋਂ ਪੂਰੇ ਪ੍ਰਬੰਧ ਕੀਤੇ ਗਏ ਹਨ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੋਵਿਡ ਨਾਲ ਪੀੜਤ ਜੇਕਰ ਮਰੀਜ਼ ਆਉਂਦੇ ਵੀ ਹਨ ਤਾਂ ਇਸ ਸਬੰਧੀ ਸਿਹਤ, ਮੈਡੀਕਲ ਤੇ ਖੋਜ ਵਿਭਾਗ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਪਰ ਹਾਲੇ ਤਕ ਕੋਵਿਡ ਦੇ ਕਿਸੇ ਵੀ ਨਵੇਂ ਵੈਰੀਐਂਟ ਦਾ ਸੂਬੇ ਵਿੱਚ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ।

ਉਨ੍ਹਾਂ ਕਿਹਾ ਕਿ ਵਿਸ਼ਵ ਸਿਹਤ ਸੰਸਥਾ ਵੱਲੋਂ ਵੀ ਸਿਰਫ਼ ਸੁਚੇਤ ਰਹਿਣ ਤੇ ਅਹਿਤਿਆਤ ਵਰਤਣ ਲਈ ਕਿਹਾ ਗਿਆ ਹੈ ਅਤੇ ਜਿਹੜੇ ਲੋਕ ਕਿਸੇ ਵੀ ਬਿਮਾਰੀ ਤੋਂ ਪੀੜਤ ਹਨ, ਜਿਵੇਂ ਕੈਂਸਰ ਜਾਂ ਫੇਰ ਕਿਸੇ ਕਾਰਨ ਸਟੀਰੋਇਡ ਲੈਂਦੇ ਹੋਣ, ਕਿਸੇ ਦੇ ਗੁਰਦੇ ਬਦਲੇ ਹਨ ਜਾ ਫੇਰ ਸਾਹ ਦੀ ਬਿਮਾਰੀ ਨਾਲ ਪੀੜ੍ਹਤ ਹੋਣ ਉਹ ਆਪਣਾ ਧਿਆਨ ਰੱਖਣ ਤੇ ਭੀੜ ਵਾਲੀਆਂ ਥਾਵਾਂ ‘ਤੇ ਜਾਣ ਤੋਂ ਗੁਰੇਜ਼ ਕਰਨ ਜਦਕਿ ਆਮ ਲੋਕਾਂ ਨੂੰ ਹਾਲੇ ਚਿੰਤਾ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੌਜੂਦਾ ਸਥਿਤੀ ‘ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ ਤੇ ਉਨ੍ਹਾਂ ਦੇ ਆਦੇਸ਼ਾਂ ਅਨੁਸਾਰ ਉਹ ਸੂਬੇ ਦੇ ਹਸਪਤਾਲਾਂ ਦਾ ਦੌਰਾ ਕਰ ਰਹੇ ਹਨ ਤੇ ਇਸ ਸਬੰਧੀ ਮੌਕ ਡਰਿੱਲ ਵੀ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੀਆਂ ਐਮਰਜੈਂਸੀ ਦਵਾਈਆਂ ਦੇ ਪ੍ਰਬੰਧ ਪਹਿਲਾਂ ਹੀ ਕੀਤੇ ਗਏ ਹਨ ਤੇ ਆਕਸੀਜਨ ਦੇ ਪਲਾਟ ਚਲਦੇ ਹਨ ਤੇ ਆਰਟੀ-ਪੀਸੀਆਰ ਟੈਸਟ ਕੀਤੇ ਜਾ ਰਹੇ ਹਨ ਪਰ ਹਾਲੇ ਕੇਸ ਘੱਟ ਹਨ ਅਤੇ ਹਾਲੇ ਤਕ ਸੂਬੇ ਅੰਦਰ ਕੋਈ ਨਵਾਂ ਵੇਰੀਐਂਟ ਰਿਪੋਰਟ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਵਿੱਚ ਹਾਲੇ ਤਕ ਕੋਵਿਡ ਦਾ ਕੋਈ ਵੀ ਮਰੀਜ਼ ਦਾਖਲ ਨਹੀਂ ਹੋਇਆ ਹੈ, ਪਰ ਫਿਰ ਵੀ ਅਹਿਤਿਆਤ ਵਜੋਂ ਕੋਵਿਡ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਇਸ ਮੌਕੇ ਡਾ. ਆਰ.ਪੀ.ਐਸ. ਸਿਬੀਆ, ਡਾ. ਰਾਜਾ ਪਰਮਜੀਤ ਸਿੰਘ, ਡਾ. ਵਿਨੋਦ ਡੰਗਵਾਲ, ਡਾ. ਸਚਿਨ ਕੌਸ਼ਲ ਵੀ ਮੌਜੂਦ ਸਨ।

RELATED ARTICLES
- Advertisment -
Google search engine

Most Popular

Recent Comments