ਪਟਿਆਲਾ, 05 ਦਸੰਬਰ 2023 – ਪਟਿਆਲਾ ਦੌਰੇ ‘ਤੇ ਪੁੱਜੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਆਫ ਐਮੀਨੈਂਸ ਫੀਲਖਾਨਾ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਜਿੱਥੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਆਫ ਐਮੀਨੈਂਸ ਦੀ ਬਿਲਡਿੰਗ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਗਿਆ ਉਥੇ ਹੀ ਉਨ੍ਹਾਂ ਸਕੂਲੀ ਬੱਚਿਆਂ ਨਾਲ ਕਲਾਸਾਂ ‘ਚ ਜਾ ਕੇ ਮੁਲਾਕਾਤ ਵੀ ਕੀਤੀ ਤੇ ਉਨ੍ਹਾਂ ਨੂੰ ਸਵਾਲ-ਜਵਾਬ ਕੀਤੇ। ਇਸ ਤੋਂ ਬਾਅਦ ਸਿੱਖਿਆ ਮੰਤਰੀ ਨੇ ਜਿੱਥੇ ਸਕੂਲ ਵਿਖੇ ਸੁਚਾਰੂ ਢੰਗ ਨਾਲ ਚੱਲ ਰਹੇ ਕੰਮਾਂ ‘ਤੇ ਤਸੱਲੀ ਪ੍ਰਗਟਾਈ ਉਥੇ ਹੀ ਉਨ੍ਹਾਂ ਨੇ ਸਕੂਲ ਪਿੰ੍ਸੀਪਲ ਡਾ. ਰਜਨੀਸ਼ ਗੁਪਤਾ ਦੀ ਭਰਵੀਂ ਸ਼ਲਾਘਾ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦਿਆ ਸਕੂਲ ਪਿੰ੍ਸੀਪਲ ਡਾ. ਰਜਨੀਸ਼ ਗੁਪਤਾ ਨੇ ਦੱਸਿਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਇਹ ਅਚਨਚੇਤ ਦੌਰਾ ਸਕੂਲ ‘ਚ ਚੱਲ ਰਹੇ ਕੰਮਾਂ ਬਾਰੇ ਜਾਣਕਾਰੀ ਲੈਣਾ ਸੀ। ਉਨ੍ਹਾਂ ਦੱਸਿਆ ਕਿ ਸਿੱਖਿਆ ਮੰਤਰੀ ਵੱਲੋਂ ਵਿਦਿਆਰਥੀਆਂ ਨਾਲ ਗੱਲਬਾਤ ਕਰ ਕੇ ਫੀਡਬੈਕ ਲਈ ਗਈ। ਇਸ ਤੋਂ ਇਲਾਵਾ ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਤੋਂ ਕੁਝ ਸਵਾਲ ਵੀ ਪੁੱਛੇ। ਸਕੂਲ ਪਿੰ੍ਸੀਪਲ ਡਾ. ਗੁਪਤਾ ਨੇ ਦੱਸਿਆ ਕਿ ਸਿੱਖਿਆ ਮੰਤਰੀ ਵੱਲੋਂ ਸਕੂਲ ਆਫ ਐਮੀਨੈਂਸ ਦੇ ਕੰਮ ‘ਤੇ ਤਸੱਲੀ ਪ੍ਰਗਟਾਉਂਦਿਆ ਭਰੋਸਾ ਦਿੱਤਾ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਹਰ ਸਹੂਲਤ ਉਪਲੱਬਧ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਸਿੱਖਿਆ ਢਾਂਚੇ ਨੂੰ ਮਜਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ ਤਾਂ ਜੋ ਪੰਜਾਬ ਸੂਬਾ ਸਿੱਖਿਆ ਪੱਖੋਂ ਦੇਸ਼ ਭਰ ‘ਚੋਂ ਮੋਹਰੀ ਸੂਬਾ ਬਣ ਸਕੇ।
ਇਸ ਦੇ ਨਾਲ ਹੀ ਪ੍ਰਿੰਸੀਪਲ ਡਾ. ਰਜਨੀਸ਼ ਗੁਪਤਾ ਨੇ ਸਕੂਲ ਪਹੁੰਚਣ ‘ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਕੂਲੀ ਦੌਰੇ ਨੇ ਸਮੁੱਚੇ ਸਟਾਫ ਅੰਦਰ ਨਵੀਂ ਊਰਜਾ ਭਰੀ ਹੈ। ਫੀਲਖਾਨਾ ਸਕੂਲ ਦਾ ਸਮੁੱਚਾ ਸਟਾਫ ਹੋਰ ਵੀ ਮਿਹਨਤ ਨਾਲ ਸਕੂਲ ਨੂੰ ਬੁਲੰਦੀਆਂ ਵੱਲ ਲਿਜਾਏਗਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.) ਡਾ. ਅਰਚਨਾ ਮਹਾਜਨ ਸਮੇਤ ਸਕੂਲ ਦਾ ਸਮੁੱਚਾ ਸਟਾਫ ਮੌਜੂਦ ਸੀ।