ਮਾਨਸਾ, 12 ਦਸੰਬਰ 2023 – ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਅੱਜ ਮਾਨਸਾ ਦੀ ਮਾਣਯੋਗ ਅਦਾਲਤ ’ਚ ਹੋਈ ਸੁਣਵਾਈ ਦੌਰਾਨ 21 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤਾ ਗਿਆ ਜਦੋਂਕਿ 3 ਨੂੰ ਫਿਜ਼ੀਕਲ ਤੌਰ ‘ਤੇ ਅਦਾਲਤ ’ਚ ਪੇਸ਼ ਕੀਤਾ ਗਿਆ। ਮਨੂੰ ਡਾਗਰ ਨੂੰ ਕਿਸੇ ਕਾਰਨ ਪੇਸ਼ ਨਹੀਂ ਕੀਤਾ ਜਾ ਸਕਿਆ। ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਨੇ ਅਦਾਲਤ ਵਿੱਚ ਮੂਸੇਵਾਲਾ ਦੇ ਕਤਲ ਕੇਸ ਵਿੱਚ ਆਪਣੀ ਰਿਹਾਈ ਦੀ ਮੰਗ ਕਰਦੇ ਹੋਏ ਦਾਅਵਾ ਕੀਤਾ ਕਿ ਉਹ ਮਾਰੇ ਗਏ ਪੰਜਾਬੀ ਗਾਇਕ ਦੀ ਹੱਤਿਆ ਵਿਚ ਸ਼ਾਮਲ ਨਹੀਂ ਹਨ।
ਇਸ ਮੌਕੇ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਅੱਜ ਦੀ ਹੋਈ ਸੁਣਵਾਈ ਤੋਂ ਬਾਅਦ ਅਗਲੀ ਤਰੀਕ 5 ਜਨਵਰੀ ਪੈ ਗਈ ਹੈ। ਇਸ ਮੌਕੇ ਪੱਤਰਕਾਰਾਂ ਨੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਸਬੰਧੀ ਰਾਜਾ ਵੜਿੰਗ ਵੱਲੋਂ ਦਿੱਤੇ ਇੱਕ ਬਿਆਨ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਹਾਲੇ ਇਸ ਬਾਰੇ ’ਚ ਕੁੱਝ ਪਤਾ ਨਹੀਂ ਅਤੇ ਨਾ ਹੀ ਉਨ੍ਹਾਂ ਨੇ ਚੋਣ ਲੜਨ ਬਾਰੇ ਕੋਈ ਫੈਸਲਾ ਕੀਤਾ ਹੈ ਕਿਉਂਕਿ ਹਾਲੇ ਕਾਫੀ ਸਮਾਂ ਪਿਆ ਹੈ। ਸਿੱਧੂ ਦੇ ਵਕੀਲ ਸਤਿੰਦਰ ਪਾਲ ਮਿੱਤਲ ਨੇ ਦੱਸਿਆ ਕਿ ਅੱਜ 21 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤਾ ਗਿਆ ਜਦੋਂਕਿ ਕਪਿਲ ਪੰਡਿਤ, ਅਰਸ਼ਦ ਖਾਨ ਅਤੇ ਸਚਿਨ ਭਿਵਾਨੀ ਨੂੰ ਅਜ਼ਮੇਰ ਜੇਲ੍ਹ ’ਚੋਂ ਲਿਆ ਕੇ ਪੇਸ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇੱਕ ਮੁਲਜ਼ਮ ਮਨੂੰ ਡਾਗਰ ਨੂੰ ਕਿਸੇ ਕਾਰਨ ਅਦਾਲਤ ’ਚ ਪੇਸ਼ ਨਹੀਂ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਅੱਜ ਲਾਰੈਂਸ਼ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੇ ਵਕੀਲਾਂ ਵੱਲੋਂ ਉਨ੍ਹਾਂ ਨੂੰ ਇਸ ਮਾਮਲੇ ’ਚੋਂ ਬਾਹਰ ਕੱਢਣ ਦੀ ਅਰਜ਼ੀ ਦਿੱਤੀ। ਉਨ੍ਹਾਂ ਦਾ ਤਰਕ ਹੈ ਕਿ ਇਸ ਕਤਲ ਦੌਰਾਨ ਉਹ ਮੌਜੂਦ ਨਹੀਂ ਸਨ। ਇਸ ਅਰਜੀ ’ਤੇ ਮਾਣਯੋਗ ਅਦਾਲਤ ਵੱਲੋਂ 5 ਜਨਵਰੀ ਨੂੰ ਸੁਣਵਾਈ ਕੀਤੀ ਜਾਵੇਗੀ।