ਰਾਜ ਦੀ ਪੁਲਿਸ ਨੇ ਰਾਮ ਮੰਦਰ ਦੀ ਪਵਿੱਤਰਤਾ ਨੂੰ ਲੈ ਕੇ ਸੁਰੱਖਿਆ ਪ੍ਰਬੰਧ ਸਖ਼ਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਖਾਲਿਸਤਾਨੀ ਸੰਗਠਨ ਸਿੱਖ ਫਾਰ ਜਸਟਿਸ (SFJ) ਵੱਲੋਂ ਯੂਪੀ ਅਤੇ ਬਨੂੜ ‘ਚ ਆਪਣੇ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਸਾਰੇ ਸੀਪੀਜ਼ ਤੇ ਐਸਐਸਪੀਜ਼ ਨੂੰ ਮੰਦਰਾਂ ਦੇ ਨਾਲ-ਨਾਲ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਹੋਣ ਵਾਲੇ ਧਾਰਮਿਕ ਪ੍ਰੋਗਰਾਮਾਂ ‘ਚ ਸੁਰੱਖਿਆ ਸਖ਼ਤ ਰੱਖਣ ਲਈ ਕਿਹਾ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਵਿਸ਼ੇਸ਼ ਸੁਰੱਖਿਆ ਅਭਿਆਨ ਵੀ ਚਲਾਇਆ ਜਾਵੇਗਾ।
Gurpatwant Pannu ਨੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਚੇਤੇ ਰਹੇ ਕਿ SFJ ਮੁਖੀ ਤੇ Khalistani terrorist Gurpatwant Pannu ਨੇ ਇਸ ਤੋਂ ਪਹਿਲਾਂ ਅੰਮ੍ਰਿਤਸਰ ਤੋਂ ਅਯੁੱਧਿਆ ਤਕ ਦੇ ਸਾਰੇ ਹਵਾਈ ਅੱਡਿਆਂ ਨੂੰ ਬੰਦ ਕਰਨ ਦੀ ਧਮਕੀ ਦਿੱਤੀ ਸੀ। ਰਾਮ ਮੰਦਰ ਦਾ ਵਿਰੋਧ ਕਰਦੇ ਹੋਏ ਇਕ ਭਾਈਚਾਰੇ ਦੇ ਲੋਕਾਂ ਨੂੰ ਉਰਦਿਸਤਾਨ ਦੀ ਮੰਗ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਵੀ ਪੰਨੂ ਨੇ ਸੰਸਦ ‘ਤੇ ਹਮਲੇ ਦੀ ਧਮਕੀ ਦਿੱਤੀ ਸੀ। ਉਸ ਨੇ ਏਅਰ ਇੰਡੀਆ ਦੀਆਂ ਉਡਾਣਾਂ ਨੂੰ ਰੋਕਣ ਦੀ ਧਮਕੀ ਵੀ ਦਿੱਤੀ ਹੈ।
ਗ੍ਰਹਿ ਮੰਤਰਾਲੇ ਨੇ 2019 ‘ਚ SFJ ‘ਤੇ ਲਾਈ ਸੀ ਪਾਬੰਦੀ
ਅੱਤਵਾਦੀ ਗਤੀਵਿਧੀਆਂ ‘ਚ ਸ਼ਾਮਲ ਹੋਣ ਅਤੇ ਵਾਰ-ਵਾਰ ਭਾਰਤ ਨੂੰ ਵੰਡਣ ਦੀ ਗੱਲ ਕਰਨ ਕਾਰਨ ਪੰਨੂ ਦਾ ਨਾਂ ਪਿਛਲੇ ਸਾਲ ਦੂਜੀ ਵਾਰ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (UAPA) ਨਾਲ ਜੋੜਿਆ ਗਿਆ ਸੀ। ਗ੍ਰਹਿ ਮੰਤਰਾਲੇ ਨੇ 2019 ‘ਚ SFJ ‘ਤੇ ਪਾਬੰਦੀ ਲਗਾ ਦਿੱਤੀ ਸੀ। ਇਕ ਸਾਲ ਬਾਅਦ 2020 ‘ਚ ਪੰਨੂ ਨੂੰ ਯੂਏਪੀਏ ਤਹਿਤ ਅੱਤਵਾਦੀ ਐਲਾਨ ਦਿੱਤਾ ਗਿਆ ਸੀ।
ਕਾਬੂ ਕੀਤੇ ਕਾਰਕੁਨਾਂ ਤੋਂ ਪੁੱਛਗਿੱਛ ਜਾਰੀ
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬਨੂੜ ਤੋਂ ਫੜੇ ਗਏ ਗਿਰੋਹ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁੱਛਗਿੱਛ ਦੌਰਾਨ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਨਿਸ਼ਾਨਾ ਕੌਣ ਸੀ ਤੇ ਉਨ੍ਹਾਂ ਨੂੰ ਕਿਹੜਾ ਕੰਮ ਦਿੱਤਾ ਗਿਆ ਸੀ। ਡੀਜੀਪੀ ਦਫ਼ਤਰ ਨੂੰ ਸਾਰੇ ਜ਼ਿਲ੍ਹਿਆਂ ‘ਚ ਵਿਸ਼ੇਸ਼ ਸੁਰੱਖਿਆ ਮੁਹਿੰਮ ਚਲਾਉਣ ਲਈ ਕਿਹਾ ਗਿਆ ਹੈ। ਇਸ ਦੇ ਲਈ ਮਾਰਕੀਟ ਐਸੋਸੀਏਸ਼ਨਾਂ ਤੇ ਮੰਦਰ ਕਮੇਟੀਆਂ ਨਾਲ ਤਾਲਮੇਲ ਕਰਨ ਲਈ ਕਿਹਾ ਗਿਆ ਹੈ।