ਚੰਡੀਗੜ੍ਹ, 17 ਅਪ੍ਰੈਲ 2023- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੀ ਮੀਟਿੰਗ ਉਪਰੰਤ ਜਲੰਧਰ ਲੋਕ ਸਭਾ ਉਪ ਚੋਣ ਵਿਚ ਭਾਰਤੀ ਜਨਤਾ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਮੌਜੂਦ ਨੇਤਾਵਾਂ ਨੇ ਕਿਹਾ ਕਿ ਪੰਜਾਬ ਤੇ ਖਾਸ ਕਰ ਕੇ ਸਿੱਖਾਂ ਦੇ ਕਈ ਪੇਚੀਦਾ ਮਸਲਿਆਂ ਦਾ ਫਿਲਹਾਲ ਹੱਲ ਨਹੀਂ ਕੱਢਿਆ ਜਾ ਰਿਹਾ ਜਿਸ ਨਾਲ ਸੂਬੇ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਚਰਚਾ ਕੀਤੀ ਗਈ ਕਿ ਪਿਛਲੇ ਇਕ ਮਹੀਨੇ ਤੋਂ ਪੰਜਾਬ ਸਰਕਾਰ ਬਿਨਾਂ ਕਿਸੇ ਦੋਸ਼ ਦੇ ਸਿੱਖ ਨੌਜਵਾਨਾਂ ਨੂੰ ਗਿ੍ਰਫਤਾਰ ਕਰ ਰਹੀ ਹੈ ਅਤੇ ਉਨ੍ਹਾਂ ਦਾ ਭਵਿੱਖ ਬਰਬਾਦ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੂੰ ਐੱਨਐੱਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਕੀਤਾ ਗਿਆ ਹੈ। ਮੀਟਿੰਗ ਵਿਚ ਇਸ ਗੱਲ ’ਤੇ ਵੀ ਅਫਸੋਸ ਜ਼ਾਹਰ ਕੀਤਾ ਗਿਆ ਕਿ ਖਾਲਸਾ ਸਾਜਨਾ ਦਿਵਸ ਮੌਕੇ 14 ਅਪ੍ਰੈਲ ਨੂੰ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ, ਤਖਤ ਸ੍ਰੀ ਦਮਦਮਾ ਸਾਹਿਬ ਅਤੇ ਤਖਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁਲਿਸ ਵੱਲੋਂ ਸ਼ਰਧਾਲੂਆਂ ਦੀ ਤਲਾਸ਼ੀ ਲਈ ਗਈ। ਪੰਜਾਬ ਸਰਕਾਰ ਦੇ ਨਿਰਦੇਸ਼ ਅਤੇ ਪੁਲਿਸ ਨੇ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਦੀ ਘੇਰਾਬੰਦੀ ਤੁਰੰਤ ਸਮਾਪਤ ਕਰਨ ਦੀ ਮੰਗ ਕੀਤੀ।